ਕਿਹਾ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ,
ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ‘ਤੇ ਚੱਲਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਦੱਸਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸ਼ੁਮਾਰ ਸਿਰਮੌਰ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਸਾਰੰਗਲ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਸਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਹਸਤੀਆਂ ਵਿੱਚ ਸ਼ੁਮਾਰ ਕੀਤਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ। ਸਾਰੰਗਲ ਨੇ ਅੱਗੇ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਡਾ. ਅੰਬੇਡਕਰ ਦੀ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਉਨ੍ਹਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਇਸ ਤੋਂ ਬਾਦ ਡਿਪਟੀ ਕਮਿਸ਼ਨਰ ਨੇ ਅੱਜ ਇੱਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਦ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਾਰੰਗਲ, ਜੋ ਕਿ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ, ਨੇ ਕਿਹਾ ਕਿ ਜਲੰਧਰ, ਜਿਸਨੂੰ ਸੂਬੇ ਦੀ ਖੇਡਾਂ ਅਤੇ ਮੀਡੀਆ ਦੀ ਰਾਜਧਾਨੀ ਕਿਹਾ ਜਾਂਦਾ ਹੈ, ਦੀ ਸੇਵਾ ਕਰਨਾ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਸਮਰੱਥਾ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਸੇਵਾਵਾਂ ਦੇ ਚੁੱਕੇ ਹਨ, ਜਿਸ ਸਦਕਾ ਉਹ ਜ਼ਿਲ੍ਹੇ ਦੀ ਹੋਰ ਵੀ ਵਧੀਆ ਢੰਗ ਨਾਲ ਸੇਵਾ ਕਰ ਸਕਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸੂਬੇ ਭਰ ਵਿੱਚ ਮੋਹਰੀ ਬਣਾਉਣ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਵਾ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ ਤਵਜੋਂ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਨਾ ਹੋਵੇਗੀ ਅਤੇ ਉਹ 24 ਘੰਟੇ ਜਲੰਧਰ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।
ਉਪਰੰਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਸੂਬੇ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਜ਼ਿਲ੍ਹਾ ਵਾਸੀਆਂ ਦੀ ਪੂਰੀ ਸ਼ਿੱਦਤ ਨਾਲ ਸੇਵਾ ਕਰਨ ਲਈ ਕਿਹਾ। ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।








































